ਸ਼੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ., ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਹੁਸ਼ਿਆਰਪੁਰ ਵੱਲੋਂ ਮਿਤੀ 24-9-2025 ਨੂੰ ਬਲਾਕ ਟਾਂਡਾ ਦੇ ਪਿੰਡ ਤਲਵੰਡੀ ਡੱਡੀਆਂ ਵਿਖੇ ਪਰਾਲੀ ਪ੍ਰਬੰਧਨ ਬਾਬਤ ਪਿੰਡ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਵਿੱਚ ਵਿੱਚ ਪਿੰਡ ਠਾਕਰੀ, ਜਹੂਰਾ, ਬਹਾਦਰਪੁਰ ਅਤੇ ਤਲਵੰਡੀ ਸੱਲਾਂ ਦੇ ਕਿਸਾਨਾਂ ਨੇ ਵੀ ਭਾਗ ਲਿਆ।ਇਹਨਾਂ ਪਿੰਡਾਂ ਵਿੱਚ ਪਿਛਲੇ ਸਾਲਾਂ ਵਿੱਚ ਪਰਾਲੀ ਸਾੜਣ ਦੇ ਕੇਸ ਦਰਜ ਹੋਏ ਸਨ।
ਕੈਂਪ ਦੀ ਸ਼ੁਰੂਆਤ ਵਿੱਚ ਡਾ. ਲਵਜੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਟਾਂਡਾ ਨੇ ਆਏ ਹੋਏ ਕਿਸਾਨ ਵੀਰਾਂ ਦਾ ਸਵਾਗਤ ਅਤੇ ਸੰਬੋਧਨ ਕਰਦਿਆਂ ਕਿਸਾਨ ਨੂੰ ਇਸ ਵਾਰ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ ਕਰਨ ਲਈ ਉਤਸ਼ਾਹਿਤ ਕੀਤਾ।
ਡਾ. ਅਜੈਬ ਸਿੰਘ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ), ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਵਰਤੋਂ ਸੰਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ।ਉਹਨਾਂ ਨੇ ਝੋਨੇ ਦੀ ਪਰਾਲੀ ਦੀ ਖੁੰਬ ਉਤਪਾਦਨ, ਊਰਜਾ, ਮਲਚ ਤੇ ਗੋਬਰ ਗੈਸ ਪਲਾਂਟ ਵਿੱਚ ਵਰਤੋਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਡਾ. ਦਪਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ, ਹੁਸ਼ਿਆਰਪੁਰ ਨੇ ਦੱਸਿਆ ਕਿ ਇਸ ਸਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿਲਾ ਹੁਸ਼ਿਆਰਪੁਰ ਵੱਲੋਂ ਬਲਾਕ ਟਾਂਡਾ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਤਕਰੀਬਨ 50 ਲੱਖ ਸਬਸਿਡੀ ਦੀਆਂ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਉਹਨਾਂ ਕਿਸਾਨ ਵੀਰਾਂ ਨੂੰ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਹਰ ਸੰਭਵ ਮਦਦ ਕਰਵਾਉਣ ਲਈ ਹਮੇਸ਼ਾ ਤਤਪਰ ਹੈ।
ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰ ਰਹੇ ਉਪ ਮੰਡਲ ਮੈਜਿਸਟ੍ਰੇਟ, ਟਾਂਡਾ, ਸ਼੍ਰੀ ਪਰਮਪ੍ਰੀਤ ਸਿੰਘ, ਪੀ.ਸੀ.ਐਸ., ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ ਅਤੇ ਉਹਨਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕਿਸਾਨਾਂ ਲਈ ਹਰ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਸਹਿਯੋਗ ਕੀਤਾ ਜਾਵੇਗਾ। |