ਪੀ.ਏ.ਯੂ. ਵਿਖੇ ਕੱਲ ਤੋਂ ਸਤੰਬਰ ਦੇ ਮੇਲਿਆਂ ਦੀ ਲੜੀ ਵਿਚ ਕੈਂਪਸ ਦਾ ਮੇਲਾ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੋ ਰੋਜ਼ਾ ਮੇਲੇ ਦਾ ਉਦਘਾਟਨੀ ਸਮਾਰੋਹ ਸਵੇਰੇ 10.30 ਵਜੇ ਡਾ. ਅਮਰਜੀਤ ਸਿੰਘ ਖਹਿਰਾ ਓਪਨ ਏਅਰ ਥੀਏਟਰ ਵਿਖੇ ਹੋਵੇਗਾ। ਮੇਲੇ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਸ਼ਾਮਿਲ ਹੋਣਗੇ। ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਕਰਨਗੇ। ਇਸ ਤੋਂ ਇਲਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਸਕੱਤਰ ਸ਼੍ਰੀਮਤੀ ਬਲਦੀਪ ਕੌਰ ਆਈ ਏ ਐੱਸ ਵੀ ਵਿਸ਼ੇਸ਼ ਤੌਰ ਤੇ ਇਸ ਸਮਾਰੋਹ ਦਾ ਹਿੱਸਾ ਬਣਨਗੇ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ ਕਿ ਮੇਲੇ ਦੌਰਾਨ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਅਤੇ ਵਿਕਸਿਤ ਮਸ਼ੀਨਰੀ ਤੋਂ ਜਾਣੂੰ ਕਰਵਾਉਣ ਲਈ ਸੈਕੜਿਆਂ ਦੀ ਗਿਣਤੀ ਵਿਚ ਪ੍ਰਦਰਸ਼ਨੀਆਂ ਅਤੇ ਸਟਾਲਾਂ ਲਗਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਮੇਲੇ ਨੂੰ ਸੁਚਾਰੂ ਰੂਪ ਵਿਚ ਆਯੋਜਿਤ ਕਰਨ ਲਈ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ।
ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਇਲਾਵਾ ਆਸਪਾਸ ਦੇ ਰਾਜਾਂ ਤੋਂ ਵੀ ਕਿਸਾਨਾਂ ਦੇ ਭਾਰੀ ਗਿਣਤੀ ਵਿਚ ਮੇਲੇ ਦਾ ਹਿੱਸਾ ਬਣਨ ਦੀ ਸੰਭਾਵਨਾ ਹੈ। ਇਸ ਮੌਕੇ ਖੇਤੀਬਾੜੀ ਵਿਚ ਅਗਾਂਹਵਧੂ ਪੈੜਾਂ ਪਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਪੰਜਾਬ ਦੇ ਪ੍ਰਸਿੱਧ ਗਾਇਕ ਅਤੇ ਸੱਭਿਆਚਾਰਕ ਕਰਮੀ ਰੰਗਾਰੰਗ ਪ੍ਰੋਗਰਾਮ ਪੇਸ਼ ਕਰਨਗੇ। ਉਹਨਾਂ ਕਿਸਾਨਾਂ ਨੂੰ ਭਾਰੀ ਗਿਣਤੀ ਵਿਚ ਮੇਲੇ ਦਾ ਹਿੱਸਾ ਬਣਨ ਦਾ ਸੱਦਾ ਵੀ ਦਿੱਤਾ। |