• ਨਰਮੇ ਦੀ ਫਸਲ ਨੂੰ ਲੋੜ ਮੁਤਾਬਿਕ ਅਖੀਰਲਾ ਪਾਣੀ ਲਗਾ ਦਿਓ ਤਾਂ ਜੋ ਟੀਂਡੇ ਪੂਰੀ ਤਰ੍ਹਾਂ ਖਿੜ੍ਹ ਜਾਣ।
• ਨਰਮਾ ਸਾਫ਼ ਅਤੇ ਸੁੱਕਾ ਚੁਣੋ ਤਾਂ ਕਿ ਮੰਡੀ ਵਿੱਚ ਇਸ ਦਾ ਮੁੱਲ ਜ਼ਿਆਦਾ ਪਵੇ। ਚੁਗਾਈ 15-20 ਦਿਨਾਂ ਦੇ ਵਕਫੇ ਤੇ ਕਰਨੀ ਚਾਹੀਦੀ ਹੈ। ਚੁਣੇ ਹੋਏ ਨਰਮੇ ਨੂੰ ਕਦੇ ਵੀ ਗਿੱਲੀ ਥਾਂ ਤੇ ਨਾ ਰੱਖੋ, ਕਿਉਂਕਿ ਇਸ ਨਾਲ ਨਰਮੇ ਦੀ ਗੁਣਵੱਤਾ ਵਿੱਚ ਫਰਕ ਪੈ
ਜਾਂਦਾ ਹੈ। ਨਰਮਾ ਸੁੱਕੇ ਗੁਦਾਮਾਂ ਵਿੱਚ ਸਾਂਭੋ।
• ਗੁਲਾਬੀ ਸੁੰਡੀ ਦੇ ਲਈ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹੋ। ਜੇਕਰ ਨੁਕਸਾਨ 5 ਪ੍ਰਤੀਸ਼ਤ ਤੋਂ ਵੱਧ ਹੋਵੇ ਤਾਂ 300 ਮਿਲੀਲਿਟਰ ਡੈਨੀਟੋਲ 10 ਈ ਸੀ (ਫੈਨਪਰੋਪੈਥਰਿਨ) ਜਾਂ 160 ਮਿਲੀਲਿਟਰ ਡੈਸਿਸ 2.8 ਈ ਸੀ (ਡੈਲਟਾਮੈਥਰਿਨ) ਜਾਂ 200 ਮਿਲੀਲਿਟਰ ਰਿਪਕੋਰਡ/ਸਾਈਪਰਗਾਰਡ 10 ਈ ਸੀ (ਸਾਈਪਰਮੈਥਰਿਨ) ਜਾਂ 100 ਮਿਲੀਲਿਟਰ ਸੁਮੀਸੀਡੀਨ/ਮਾਰਕਫੈਨਵਲ 20 ਈ ਸੀ (ਫੈਨਵਲਰੇਟ) ਜਾਂ 100 ਗ੍ਰਾਮ ਪ੍ਰੋਕਲੇਮ (ਇਮਾਮੈਕਟੀਨ ਬੈਂਜੋਏਟ) ਦਾ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ।
• ਆਖਰੀ ਚੁਗਾਈ ਤੋਂ ਬਾਅਦ ਗੁਲਾਬੀ ਸੁੰਡੀ ਦੇ ਹਮਲੇ ਵਾਲੇ ਨਰਮੇ ਦੇ ਖੇਤਾਂ ਵਿੱਚ ਬਚੀਆਂ ਛਿਟੀਆਂ ਨੂੰ ਸ਼ਰੈਡਰ ਦੁਆਰਾ ਖੇਤਾਂ ਵਿੱਚ ਵਾਹ ਦਿਓ ਤਾਂ ਜੋ ਇਸ ਕੀੜੇ ਦਾ ਹਮਲੇ ਨੂੰ ਅੱਗੇ ਵੱਧਣ ਤੋਂ ਰੋਕਿਆ ਜਾ ਸਕੇ।
• ਹਮਲੇ ਵਾਲੇ ਖੇਤਾਂ ਦੀਆਂ ਛਿਟੀਆਂ ਨੂੰ ਨਵੀਂ ਜਗ੍ਹਾ ਤੇ ਨਾ ਲਿਜਾਓ।
• ਕਪਾਹ ਦੀਆਂ ਛਿਟੀਆਂ ਇੱਕਠੀਆਂ ਕਰਕੇ ਛਾਵੇਂ ਜ਼ਮੀਨ ਦੇ ਸਮਾਨੰਤਰ ਰੱਖਣ ਨਾਲ ਸੁਸਤ ਹਾਲਤ ਵਿੱਚ ਟੀਂਡੇ ਦੀ ਗੁਲਾਬੀ ਸੁੰਡੀ ਗਰਮੀਆਂ ਵਿੱਚ ਘੱਟ ਮਰਦੀ ਹੈ। ਛਿਟੀਆਂ ਨੂੰ ਵੱਢ ਕੇ ਖੇਤ ਵਿੱਚ ਰੱਖਣ ਨਾਲ ਇਹ ਕੀੜੇ ਬਹੁਤ ਛੇਤੀ ਫੈਲਦੇ ਹਨ।ਨਰਮੇ ਦੀਆਂ ਛਿਟੀਆਂ ਦੇ ਢੇਰ ਖੇਤ ਵਿੱਚ ਨਾ ਲਗਾਓ, ਸਗੋਂ ਪਿੰਡ ਵਿੱਚ ਲਗਾਓ। ਛਿਟੀਆਂ ਦੀਆਂ ਭਰੀਆਂ ਦੇ ਢੇਰ ਖੜ੍ਹਵੇਂ ਅਤੇ ਰੁਖ/ ਦਰੱਖਤ ਆਦਿ ਦੀ ਛਾਂ ਤੋਂ ਪਰੇ ਧੁੱਪ ਵਿੱਚ ਲਗਾਓ। |